ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਿੱਕਰੀ ਬਾਰਡਰ ‘ਤੇ ਟਿੱਪਰ ਦੀ ਟੱਕਰ ਨਾਲ ਮਰੀਆਂ ਪੰਜਾਬ ਦੀਆਂ ਤਿੰਨ ਔਰਤਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁਆਵਜ਼ੇ ਵਜੋਂ ਦੇਣ ਐਲਾਨ ਕੀਤਾ ਹੈ। ਉਨ੍ਹਾਂ ਨੇ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਔਰਤਾਂ ਦੇ ਹਾਦਸੇ ਵਿੱਚ ਮਰਨ ਦੀ ਘਟਨਾ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਇਸ ਘਟਨਾ ਦੌਰਾਨ ਜ਼ਖ਼ਮੀ ਹੋਣ ਵਾਲਿਆਂ ਦਾ ਮੁਫ਼ਤ ਇਲਾਜ ਕਰਾਉਣ ਦਾ ਐਲਾਨ ਵੀ ਕੀਤਾ ਹੈ।
ਉਧਰ, ਭਾਰਤੀ ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਵੱਲੋਂ ਇਸ ਘਟਨਾ ਨੂੰ ਉੱਤਰ ਪ੍ਰਦੇਸ਼ ਦੀ ਲਖੀਮਪੁਰ ਖੀਰੀ ਵਰਗੀ ਵਰਦਾਤ ਕਰਾਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਇਹ ਕੋਈ ਸਾਜ਼ਿਸ਼ ਹੋ ਸਕਦੀ ਹੈ ਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਬਿਆਨ ਵਿੱਚ ਕਿਹਾ ਕਿ ਘਟਨਾ ਦੀ ਜਾਂਚ ਮੁਕੰਮਲ ਹੋਣ ‘ਤੇ ਹੀ ਅਸਲੀਅਤ ਸਾਹਮਣੇ ਆਵੇਗੀ ਕਿ ਇਹ ਘਟਨਾ ਅਚਾਨਕ ਹੋਈ ਹੈ ਜਾਂ ਕੋਈ ਸਾਜ਼ਿਸ਼ ਸੀ।
ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਜਥੇਬੰਦਕ ਆਗੂਆਂ ਨੂੰ ਅਪੀਲ ਹੈ ਕਿ ਪੰਜਾਬ ਅੰਦਰ ਚੱਲ ਰਹੇ ਸਾਰੇ ਮੋਰਚਿਆਂ ਵਿੱਚ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਤੇ ਮੰਗ ਕੀਤੀ ਜਾਵੇ ਕਿ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ, ਹਰ ਪਰਿਵਾਰ ਦਾ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਦਰਅਸਲ ਦਿੱਲੀ ਦੇ ਟਿਕਰੀ ਬਾਰਡਰ ’ਤੇ ਪਕੌੜਾ ਚੌਕ ਵਿੱਚ ਅੱਜ ਸਵੇਰੇ ਕਿਸਾਨ ਅੰਦੋਲਨ ਤੋਂ ਘਰ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਤੇ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਇਹ ਸਾਰੀਆਂ ਔਰਤਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਗਈਆ ਹੋਈਆਂ ਸਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਔਰਤਾਂ ਵਿਚ ਅਮਰਜੀਤ ਕੌਰ ਪਤਨੀ ਹਰਜੀਤ ਸਿੰਘ (58), ਗੁਰਮੇਲ ਕੌਰ ਪਤਨੀ ਭੋਲਾ ਸਿੰਘ ( 60), ਛਿੰਦਰ ਕੌਰ ਪਤਨੀ ਭਾਨ ਸਿੰਘ (61) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ, ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।