ਚੰਡੀਗੜ੍ਹ । ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਚੰਡੀਗੜ੍ਹ ‘ਚ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।
ਸਦਨ ਅੰਦਰ ਇਸ ਮੁੱਦੇ ‘ਤੇ ਵਿਚਾਰ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਕਈਆਂ ਨੇ ਕੋਸ਼ਿਸ਼ ਕੀਤੀ ਪਰ ਪੰਜਾਬ ‘ਚ ਦੁਬਾਰਾ ਉੱਗਣ ਦੀ ਤਾਕਤ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਹਾ ਕਿ ਪੰਜਾਬ ਨਾਲ ਜੋ ਧੱਕਾ ਹੋ ਰਿਹਾ ਹੈ, ਅਸੀਂ ਇਸ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਕੇਂਦਰ ਤੋਂ ਸਮਾਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਅੱਗੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ।
ਓਹਨਾਂ ਕਿਹਾ ਕਿ ਮੈਂ ਪੂਰੀ ਦੁਨੀਆਂ ‘ਚ ਵੱਸਦੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਕਦੇ ਵੀ ਪਾਸਾ ਨਹੀਂ ਵੱਟੇਗੀ ਅਤੇ ਕਦੇ ਵੀ ਕੋਈ ਨਕਾਬ ਮੂੰਹ ‘ਤੇ ਨਹੀਂ ਪਾਵੇਗੀ। ਅਸੀਂ ਕਦੇ ਵੀ ਪੰਜਾਬ ਦੇ ਹੱਕਾਂ ਲਈ ਦੋਗਲੀ ਨੀਤੀ ਨਹੀਂ ਅਪਣਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਵੀ ਕਰਾਂਗੇ, ਡੰਕੇ ਦੀ ਚੋਟ ‘ਤੇ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਜੋ ਘਾਟਾ ਪਿਆ ਹੈ, ਸਭ ਤੋਂ ਪਹਿਲਾਂ ਉਸ ਨੂੰ ਪੂਰਾ ਕਰਨਾ ਹੈ। ਸਾਡੀ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਅਤ ਲਈ ਜਿੱਥੇ ਵੀ ਲੜਾਈ ਲੜਨੀ ਪਈ, ਅਸੀਂ ਲੜਾਂਗੇ ਕਿਉਂਕਿ ਪੰਜਾਬ ਨੂੰ ਦੇਸ਼ ਦਾ ਸਿਰਮੌਰ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਪੈਰਾਂ ‘ਚ ਪਈਆਂ ਜੰਜ਼ੀਰਾਂ ਨੂੰ ਤੋੜ ਕੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਵਾਂਗੇ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਣ ਵਾਲੇ ਮੁਲਾਜ਼ਮਾਂ ਲਈ ਸੈਂਟਰਲ ਸਰਵਿਸਿਜ਼ ਰੂਲਜ਼ ਲਾਗੂ ਕਰ ਦਿੱਤਾ ਗਿਆ ਹੈ, ਜਿਸ ਦਾ ਪੰਜਾਬ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।