ਸੰਯੁਕਤ ਕਿਸਾਨ ਮੋਰਚਾ ਨੇ ਅਜੇ ਮਿਸ਼ਰਾ ਟੇਨੀ ਨੂੰ ਭਾਰਤ ਸਰਕਾਰ ਵਿੱਚੋਂ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਅਤੇ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਲਈ ਦੇਸ਼ ਭਰ ਵਿੱਚ ਕੱਲ੍ਹ ਯਾਨੀ 18 ਅਕਤੂਬਰ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਕਿਹਾ ਹੈ ਕਿ ਜਦੋਂ ਤੱਕ ਲਖੀਮਪੁਰ-ਖੀਰੀ ਘਟਨਾ ‘ਤੇ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਠੱਪ ਹੋਵੇਗੀ। ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਰੇਲ ਰੋਕੋ ਪ੍ਰੋਗਰਾਮ ਰੇਲਵੇ ਦੀ ਕਿਸੇ ਵੀ ਜਾਇਦਾਦ ਨੂੰ ਨੁਕਸਾਨ ਪਹੁੰਚਾਏ ਬਿਨਾਂ ਸ਼ਾਂਤੀਪੂਰਵਕ ਹੋਵੇਗਾ।
ਵੱਖ -ਵੱਖ ਰਾਜਾਂ ਵਿੱਚ ਲਖੀਮਪੁਰ ਖੀਰੀ ਸ਼ਹੀਦ ਕਲਸ਼ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਦੇਸ਼ ਭਰ ਵਿੱਚ ਬਹੁਤ ਸਾਰੇ ਪੱਕੇ ਮੋਰਚੇ ਜਾਰੀ ਹਨ। 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਘਟਨਾ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਇਨਸਾਫ ਦੀ ਮੰਗ ਲਈ ਕਈ ਕਾਰਵਾਈਆਂ ਦਾ ਐਲਾਨ ਕੀਤਾ ਸੀ। ਸ਼ੁਰੂ ਤੋਂ ਹੀ ਐਸਕੇਐਮ ਮੋਦੀ ਸਰਕਾਰ ਵਿੱਚ ਮੰਤਰੀ ਮੰਡਲ ਤੋਂ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਦੀ ਮੰਗ ਕਰਦਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਜਾਰੀ ਪ੍ਰੈੱਸ ਰਿਲੀਜ਼ ਵਿਚ ਕਿਹਾ ਕਿ ਇਹ ਬਹੁਤ ਸਪੱਸ਼ਟ ਹੈ ਕਿ ਅਜੈ ਮਿਸ਼ਰਾ ਦੇ ਕੇਂਦਰ ਸਰਕਾਰ ਵਿੱਚ ਗ੍ਰਹਿ ਰਾਜ ਮੰਤਰੀ ਹੋਣ ਦੇ ਨਾਲ ਇਸ ਮਾਮਲੇ ਵਿੱਚ ਨਿਆਂ ਨਹੀਂ ਮਿਲ ਸਕਦਾ। ਰਿਪੋਰਟਾਂ ਦੱਸਦੀਆਂ ਹਨ ਕਿ ਚਸ਼ਮਦੀਦ ਗਵਾਹਾਂ ‘ਤੇ ਦਬਾਅ ਹੈ ਕਿ ਉਹ ਆਪਣੇ ਬਿਆਨ ਦਰਜ ਨਾ ਕਰਨ ਅਤੇ ਰਿਕਾਰਡ ਨਾ ਕਰਨ। ਸੰਯੁਕਤ ਕਿਸਾਨ ਮੋਰਚਾ ਨੇ ਜਾਰੀ ਪ੍ਰੈੱਸ ਰਿਲੀਜ਼ ਵਿਚ ਕਿਹਾ ਕਿ ਐੱਸ. ਕੇ. ਐੱਮ. ਇੱਕ ਵਾਰ ਫਿਰ ਮੰਗ ਕਰਦਾ ਹੈ ਕਿ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕੀਤਾ ਜਾਵੇ ਅਤੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ।