ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵਿੱਚ ਵੱਡੇ ਐਲਾਨ ਕਿਤੇ ਹਨ। ਮੀਟਿੰਗ ਵਿੱਚ ਸ਼ਹੀਦਾਂ ਦੇ ਪਰਿਵਾਰ ਨੂੰ 1 ਕਰੋੜ ਦੇਣ ਦੀ ਮਨਜੂਰੀ ਦਿੱਤੀ ਗਈ ਹੈ ਅਤੇ ਸੇਵਾਮੁਕਤ ਹੋ ਚੁੱਕੇ ਪਟਵਾਰੀਆਂ ਦੀ ਮੁੜ ਤੋਂ ਨਿਯੁਕਤੀ ਕਰਨ ਦਾ ਵੀ ਐਲਾਨ ਕੀਤਾ ਹੈ।
ਪੰਜਾਬ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਧਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਮਦਦ ਦੀ ਰਾਸ਼ੀ ਦੀ ਸਹਾਇਤਾ ਨੂੰ ਵਧਾ ਕੇ 1 ਕਰੋੜ ਰੁਪਏ ਕਰਨ ਦੀ ਗੱਲ ਕਹੀ ਸੀ। ਅੱਜ ਇਸ ਐਲਾਨ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਸੀ।
ਓੱਥੇ ਹੀ ਸੂਬੇ ਵਿੱਚ ਪਟਵਾਰੀਆਂ ਦੀ ਬਹੁਤੀ ਘਾਟ ਨੂੰ ਦੇਖਦੇ ਹੋਏ ਮਾਨ ਸਰਕਾਰ ਨੇ ਸੇਵਾਮੁਕਤ ਪਟਵਾਰੀਆਂ ਨੂੰ ਖਾਲੀ ਅਸਾਮੀਆਂ ’ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਹ ਭਰਤੀਆਂ ਇੱਕ ਸਾਲ ਲਈ ਹੋਣਗੀਆਂ। ਸਰਕਾਰ ਦਾ ਕਹਿਣਾ ਹੈ ਕਿ ਜਦੋਂ ਤੱਕ 1092 ਪਟਵਾਰੀਆਂ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੀ ਸਿਖਲਾਈ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਇਮਾਨਦਾਰ ਸੇਵਾਮੁਕਤ ਪਟਵਾਰੀਆਂ ਦੀ ਸੇਵਾ ਲਈ ਜਾਵੇਗੀ। ਪਰ ਇਨ੍ਹਾਂ ਪਟਵਾਰੀਆਂ ਦੀ ਉਮਰ 64 ਸਾਲ ਤੋਂ ਵੱਧ ਨਹੀਂ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੈਕਲਪਿਕ ਫਸਲਾਂ ਅਪਣਾ ਕੇ ਕੀਮਤੀ ਕੁਦਰਤੀ ਸਰੋਤ ਪਾਣੀ ਦੀ ਬੱਚਤ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਉਤਸਾਹ ਵਧਾਉਣ ਲਈ ਰਾਜ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਸੀ, ਜਿਸਨੂੰ ਅੱਜ ਕੈਬਨਿਟ ਵਿੱਚ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ।