ਹਿਜਾਬ ਵਿਵਾਦ ਦੀ ਸੁਣਵਾਈ ਕਰ ਰਹੇ ਕਰਨਾਟਕ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਹੁਣ ਤੱਕ ਇਸ ਮਾਮਲੇ ਦੀ ਸੁਣਵਾਈ ਜੱਜ ਕ੍ਰਿਸ਼ਨਾ ਦੀਕਸ਼ਿਤ ਦੀ ਸਿੰਗਲ ਬੈਂਚ ਕਰ ਰਹੀ ਸੀ। ਹੁਣ ਇਹ ਮਾਮਲਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੌਂਪ ਦਿੱਤਾ ਗਿਆ ਹੈ।
ਦਰਅਸਲ, ਕਰਨਾਟਕ ਦੇ ਉਡੁਪੀ ਵਿੱਚ ਸਰਕਾਰੀ ਪੀਯੂ ਕਾਲਜ ਫਾਰ ਵੂਮੈਨ ਦੀਆਂ ਛੇ ਵਿਦਿਆਰਥਣਾਂ ਨੇ ਇੱਕ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਹਿਜਾਬ ਪਹਿਨਣਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਲੜਕੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਤੋਂ ਰੋਕਿਆ ਨਹੀਂ ਜਾ ਸਕਦਾ। ਮੰਨੇ-ਪ੍ਰਮੰਨੇ ਵਕੀਲ ਸੰਜੇ ਹੇਗੜੇ ਹੁਣ ਅਦਾਲਤ ‘ਚ ਵਿਦਿਆਰਥਣਾਂ ਦੀ ਤਰਫੋਂ ਬਹਿਸ ਕਰਨਗੇ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਸਰਕਾਰੀ ਪੀਯੂ ਕਾਲਜ ਫਾਰ ਵੂਮੈਨ ਵਿੱਚ ਛੇ ਵਿਦਿਆਰਥਣਾਂ ਨੂੰ ਹਿਜਾਬ ਪਹਿਨਣ ਤੋਂ ਰੋਕ ਦਿੱਤਾ ਗਿਆ। ਵਿਦਿਆਰਥਣਾਂ ਨੇ ਕਾਲਜ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਦੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਫੈਸਲੇ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਕਲਾਸਾਂ ਦਾ ਬਾਈਕਾਟ ਵੀ ਕੀਤਾ।
ਮੰਗਲਵਾਰ ਨੂੰ ਹਾਈ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ। ਪਰ ਸੁਣਵਾਈ ਤੋਂ ਪਹਿਲਾਂ ਸਵੇਰ ਤੋਂ ਹੀ ਮਾਮਲੇ ਨੇ ਹਿੰਸਕ ਮੋੜ ਲੈ ਲਿਆ। ਹਾਲਾਂਕਿ ਪਥਰਾਅ ਅਤੇ ਨਾਅਰੇਬਾਜ਼ੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਕਰਨਾਟਕ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਜੱਜ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।