ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਯੂਪੀ ਸਰਕਾਰ ਅਤੇ ਆਸ਼ੀਸ਼ ਮਿਸ਼ਰਾ ਨੂੰ ਨੋਟਿਸ ਜਾਰੀ ਕੀਤਾ ਅਤੇ ਯੂਪੀ ਸਰਕਾਰ ਨੂੰ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਵੀ ਨਿਰਦੇਸ਼ ਦਿੱਤੇ। ਹਾਲ ਹੀ ‘ਚ ਇਕ ਗਵਾਹ ‘ਤੇ ਹਮਲੇ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਪੁੱਛਿਆ ਹੈ ਕਿ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕਿਉਂ ਨਾ ਰੱਦ ਕੀਤੀ ਜਾਵੇ।
ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵੱਲੋਂ ਕੇਸ ਦੀ ਪੈਰਵੀ ਕਰਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦੱਸਿਆ ਕਿ 10 ਮਾਰਚ ਨੂੰ ਇਕ ਗਵਾਹ ‘ਤੇ ਹਮਲਾ ਕੀਤਾ ਗਿਆ ਸੀ ਅਤੇ ਧਮਕੀ ਦਿੱਤੀ ਗਈ ਸੀ ਕਿ ਸਰਕਾਰ ਫਿਰ ਆ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਯੂਪੀ ਸਰਕਾਰ ਨੂੰ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।
ਦੱਸ ਦੇਈਏ ਕਿ ਲਖੀਮਪੁਰ ਹਿੰਸਾ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵੱਲੋਂ ਜ਼ਮਾਨਤ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਮਾਰਚ ਨੂੰ ਹੋਵੇਗੀ।