ਤਰਾਈ ਕਿਸਾਨ ਸੰਗਠਨ ਦੇ ਕੌਮੀ ਪ੍ਰਧਾਨ ਤਜਿੰਦਰ ਸਿੰਘ ਵਿਰਕ ਨੇ Qtv ਪੰਜਾਬੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉੱਤਰਾਖੰਡ ਸਰਕਾਰ ਕਿਸਾਨਾਂ ਨਾਲ ਪੱਖਪਾਤੀ ਰਵੱਈਆ ਅਪਣਾ ਰਹੀ ਹੈ ਅਤੇ ਇਸ ਤਹਿਤ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ‘ਤੇ ਕਿਸਾਨਾਂ ‘ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਪ੍ਰਸ਼ਾਸਨ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ।
ਕਿਸਾਨਾਂ ਦੇ ਦਬਾਅ ਹੇਠ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣੇ ਮੰਤਰੀਆਂ ਦਾ ਅਪਰਾਧਿਕ ਇਤਿਹਾਸ ਨਜ਼ਰ ਨਹੀਂ ਆਉਂਦਾ ਅਤੇ ਨਾ ਹੀ ਅਪਰਾਧਿਕ ਇਤਿਹਾਸ ਵਾਲੇ ਮੰਤਰੀਆਂ ਖਿਲਾਫ ਕੋਈ ਕਾਰਵਾਈ ਹੁੰਦੀ ਹੈ ਅਤੇ ਉੱਤਰਾਖੰਡ ਦੇ ਅਪਰਾਧਿਕ ਇਤਿਹਾਸ ਦੇ ਨਾਂ ‘ਤੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਊਧਮ ਸਿੰਘ ਨਗਰ ਜ਼ਿਲ੍ਹੇ ਦੇ ਅੰਦਰ ਜੋ ਕਿਸਾਨ ਅੰਦੋਲਨ ਵਿੱਚ ਗਾਜ਼ੀਪੁਰ ਸਰਹੱਦ ’ਤੇ ਜਾ ਰਹੇ ਹਨ, ਉਨ੍ਹਾਂ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ।
ਉੱਤਰਾਖੰਡ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਨਾ ਕੀਤੇ ਅਤੇ ਕਿਸਾਨਾਂ ‘ਤੇ ਜ਼ੁਲਮ ਕਰਨ ਦੀ ਪ੍ਰਕਿਰਿਆ ਬੰਦ ਨਾ ਕੀਤੀ ਤਾਂ ਸਯੁੰਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੇ ਨਾਲ-ਨਾਲ ਉੱਤਰਾਖੰਡ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹੇਗਾ।